ਫਿਰੌਤੀਆਂ ਮੰਗਣ ਵਾਲੇ ਦੋ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਆਹਮੋ ਸਾਹਮਣੇ ਫ਼ਾਇਰਿੰਗ
ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਅੱਜ ਤੜਕਸਾਰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਆਹਮੋ ਸਾਹਮਣੇ ਫ਼ਾਇਰਿੰਗ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਅਤੇ ਦੂਸਰੇ ਨੂੰ ਮੋਕੇ ’ਤੇ ਹੀ ਪੁਲਿਸ ਨੇ ਕਾਬੂ ਕਰ ਲਿਆ। ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਸੰਬੰਧੀ ਡੀ. ਐਸ. ਪੀ. ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗਸਟਰ ਤਰਨਤਾਰਨ ਜ਼ਿਲ੍ਹੇ ’ਚ ਲਗਾਤਾਰ ਫੋਨ ਕਰ ਕੇ ਕਾਰੋਬਾਰੀਆਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ ਅਤੇ ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ ’ਤੇ ਗੋਲੀਬਾਰੀ ਵੀ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਫੜੇ ਗਏ ਇਨ੍ਹਾਂ ਗੈਂਗਸਟਰਾ ਦੀ ਪਛਾਣ ਪਵਨਦੀਪ ਸਿੰਘ ਅਤੇ ਕੋਮਲਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਵਿਚੋਂ ਪਵਨਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਐਸ.ਪੀ. ਪੱਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿਚ ਉਕਤ ਵਿਅਕਤੀਆਂ ਨੇ ਘਰਿਆਲਾ ਦੇ ਇਕ ਸੁਨਿਆਰਾ ਤੋਂ ਫਿਰੌਤੀ ਦੀ ਮੰਗ ਕੀਤੀ ਸੀ।