18 ਤੇ 19 ਅਕਤੂਬਰ ਨੂੰ ਉਤਸ਼ਾਹ ਸਹਿਤ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ: ਐਡਵੋਕੇਟ ਧਾਮੀ
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 18 ਅਤੇ 19 ਅਕਤੂਬਰ ਨੂੰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। 18 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਅਤੇ ਰਾਤ ਨੂੰ ਰਾਗ ਦਰਬਾਰ ਹੋਵੇਗਾ। 19 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਹਨਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਬਾਰੇ ਪੁੱਛੇ ਜਾਣ ਤੇ ਉਹਨਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤਗੇੜਾ ਵੀ ਹਾਜ਼ਰ ਸਨ।।