JALANDHAR WEATHER

ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ’ਤੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਜੈਤੋ (ਫਰੀਦਕੋਟ), 19 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਸੂਬਾ ਪੱਧਰੀ ਸੱਦੇ ’ਤੇ ਬਲਾਕ ਜੈਤੋ ਵਲੋਂ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਲੱਗੇ ਪੱਕੇ ਮੋਰਚੇ ਦੇ ਦੂਜੇ ਦਿਨ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ 26 ਝੋਨੇ ਦਾ ਦਾਣਾ-ਦਾਣਾ ਖਰੀਦਣ ਦੇ ਕੀਤੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਅਤੇ ਕਿਸਾਨ ਪਿਛਲੇ 20-22 ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਹਨ ਜਦਕਿ 'ਆਪ' ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਕਿਸਾਨਾਂ ਦੀ ਸਾਰ ਲੈਣ ਦੀ ਬਿਜਾਏ ਮੰਡੀਆਂ ਵਿਚ ਜਾਣ ਤੋਂ ਕੰਨ੍ਹੀ ਕਤਰਾ ਰਹੇ ਹਨ ਅਤੇ ਕਈ ਕਿਸਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪੁੱਤਾਂ ਵਾਂਗ ਪਾਲਿਆ ਝੋਨਾ 400-500 ਰੁਪਏ ਸਸਤਾ ਵੇਚਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਮਜ਼ਦੂਰ ਵਰਗ ਵੀ ਵਿਹਲੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ 'ਤੇ ਸਰਕਾਰੀ ਖਰੀਦ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਦਾ ਅਜੇ ਤੱਕ ਕੋਈ ਪੁਖਤਾ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਪਰ ਇਸ ਦੇ ਉਲਟ ਆਪਣੀ ਨਾਕਾਮੀ ਛਿਪਾਉਣ ਲਈ ਕਿਸਾਨਾਂ ਉਤੇ ਪਰਚੇ ਅਤੇ ਰੈੱਡ ਐਂਟਰੀਆਂ ਕਰਨ ਲਈ ਪ੍ਰਸ਼ਾਸਨ ਨੂੰ ਧੜਾਧੜ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਦਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ 2000 ਰੁਪਏ ਪ੍ਰਤੀ ਕੁਇੰਟਲ ਜਾਂ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਸਰਕਾਰ ਦੇਵੇ ਤਾਂ ਜੋ ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਕਰ ਸਕਣ। ਜੇ ਸਰਕਾਰਾਂ ਕਿਸਾਨ ਦੀ ਬਾਂਹ ਨਹੀਂ ਫੜ੍ਹ ਰਹੀ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਸਿਵਾਏ ਕੀ ਕਰਨ, ਦਾ ਹੱਲ ਕਰੇ। ਇਸ ਮੌਕੇ ਬੁਲਾਰਿਆਂ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਨਾਲ ਬੇਲੋੜਾ ਸਾਮਾਨ ਮੜ੍ਹੇ ਜਾਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਵਿਚ ਲੋੜੀਂਦਾ ਸਟਾਕ ਮੁੱਹਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਡੀ.ਏ.ਪੀ. ਦੀ ਕੋਈ ਕਿੱਲਤ ਨਾ ਆਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ