JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਕੀਤਾ ਜਾਰੀ

ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ ਤੇ ਉਨ੍ਹਾਂ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖ ਪੰਥ ਦਾ ਤਾਣਾ ਬਾਣਾ ਬਹੁਤ ਹੀ ਚਿੰਤਾਜਨਕ ਸਥਿਤੀ ਵਿਚ ਪੁੱਜ ਚੁੱਕਾ ਹੈ ਤੇ ਪੰਜਾਬ ਦੀ ਜਵਾਨੀ, ਕਿਸਾਨੀ ਤੇ ਤਜ਼ਾਰਤ ਦਾ ਭਵਿੱਖ ਬਹੁਤ ਹੀ ਧੁੰਦਲਾ ਬਣ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਾਂ ਦੇ ਨਾਂਅ ’ਤੇ ਵਸਦੇ ਪੰਜਾਬ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਆਪਸੀ ਏਕੇ ਦੀ ਲੋੜ ਹੈ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਧਰਮ ਤੇ ਸੰਸਥਾਵਾਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ’ਚ ਰੁਜ਼ਗਾਰ ਦੇ ਮੌਗੇ ਘੱਟ ਜਾਣ ਅਤੇ ਜੀਣ ਥੀਣ ਦੀਆਂ ਸੰਭਾਵਨਾਵੰ ਦੀ ਅਨਿਸ਼ਚਿਤਤਾ ਕਾਰਨ ਸਿੱਖ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਪ੍ਰਵਾਸ ਕਰ ਜਾਣ ਦੀ ਗਿਣਤੀ ਵਿਚ ਚਿੰਤਾਜਨਕ ਵਾਧਾ ਹੋਇਆ ਹੈ, ਜਿਸ ਦੇ ਭਵਿੱਖ ਵਿਚ ਭਿਆਨਕ ਨਤੀਜੇ ਭੁਗਤਣੇ ਪੈਣਗੇ। ਇਸ ਲਈ ਸੰਭਲਣ ਤੇ ਜਾਗਣ ਦੀ ਲੋੜ ਹੈ। ਇਸ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡੇ ਧਰਮ ਅਤੇ ਸੰਸਥਾਵਾਂ ਵਿਚ ਸਰਕਾਰੀ ਦਖਲ ਅੰਦਾਜ਼ੀ ਵਧ ਰਹੀ ਹੈ ਪਰ ਅਫ਼ਸੋਸ ਹੈ ਕਿ ਪੰਜਾਬ ਤੋਂ ਬਾਹਰ ਕੁਝ ਇਤਿਹਾਸਿਕ ਸਿੱਖ ਗੁਰਧਾਮਾਂ ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਵਿਸ਼ਵ ਭਰ ਵਿਚ ਕੁਝ ਖਾਸ ਧਿਰਾਂ ਵਲੋਂ ਸੋਸ਼ਲ ਮੀਡੀਆ ਉੱਪਰ ਸਿੱਖ ਕੌਮ ਪ੍ਰਤੀ ਨਫ਼ਰਤ ਭਰਿਆ ਮਾਹੌਲ ਸਿਰਜਣ ਲਈ ਨਾਪਾਕ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਜ਼ੋਰ ਸ਼ੋਰ ਨਾਲ ਨਫ਼ਰਤੀ ਸੰਦੇਸ਼ਾਂ ਨੂੰ ਫੈਲਾਇਆ ਜਾ ਰਿਹਾ ਹੈ। ਜਥੇਦਾਰ ਨੇ ਵਿਸ਼ਵ ਭਰ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਸਿੱਖ ਸੰਸਥਾਵਾਂ, ਸਿੱਖ ਨੌਜਵਾਨਾਂ ਪੰਥ ਦਰਦੀ ਸੂਝਵਾਨਾਂ ਵਿਦਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਵੇਕ ਬੁੱਧੀ ਨਾਲ ਸੁਚੇਤ ਹੋ ਕੇ ਇਸ ਪੰਥ ਵਿਰੋਧੀ ਮੁਹਿੰਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸੋਸ਼ਲ ਮੀਡੀਏ ਦਾ ਪ੍ਰਯੋਗ ਕਰਨ ਤੇ ਪੰਥ ਦੀਆਂ ਸਰਬ ਕਲਿਆਣਕਾਰੀ ਬੇਮਿਸਾਲ ਤੇ ਲਾਸਾਨੀ ਸੇਵਾਵਾਂ ਨੂੰ ਦੁਨੀਆਂ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਜਿੱਥੇ ਛੇਵੇਂ ਪਾਤਸ਼ਾਹ ਦੀ ਪਾਵਨ ਯਾਦ ਵਿਚ ਆਪਣੀਆਂ ਸੁਰਤਾਂ ਨੂੰ ਬਲਵਾਨ ਕਰਨ ਦਾ ਮੌਕਾ ਬਣਦਾ ਹੈ ਉਥੇ ਸਮਕਾਲੀ ਪੰਥਕ ਸਮੱਸਿਆਵਾਂ, ਚੁਣੌਤੀਆਂ ਅਤੇ ਸੰਭਾਵਨਾਵਾਂ ਦਾ ਮੰਥਨ ਕਰਕੇ ਭਵਿੱਖ ਵੱਲ ਤੁਰਨ ਲਈ ਰਾਹ ਦਸੇਰਾ ਬਣਦਾ ਹੈ। ਇਸ ਮੌਕੇ ਉਨਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ