ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਗੁਰਮਤਿ ਆਸ਼ੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਚਲਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸੱਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵਲੋਂ ਲੱਗੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ ਅਤੇ ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ ਆਦਿ ਹਾਜ਼ਰ ਸਨ।