ਅਕਾਲੀ ਦਲ ਵਲੋਂ ਮਜੀਠੀਆ ਦੀ ਅਗਵਾਈ 'ਚ ਡੀ. ਸੀ. ਅਤੇ ਐਸ. ਡੀ. ਐਮ. ਨੂੰ ਦਿੱਤੇ ਜਾਣਗੇ ਮੰਗ ਪੱਤਰ : ਪ੍ਰਧਾਨ ਰਾਜਾ
ਰਾਜਾਸਾਂਸੀ ( ਅੰਮ੍ਰਿਤਸਰ ) ,4 ਨਵੰਬਰ (ਹਰਦੀਪ ਸਿੰਘ ਖੀਵਾ )- ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਮੂਹ ਵਰਕਰਾਂ ਤੇ ਆਗੂਆਂ ਵਲੋਂ ਡਿਪਟੀ ਕਮਿਸ਼ਨ ਅਤੇ ਐਸ. ਡੀ. ਐਮ. ਦਫ਼ਤਰਾਂ ਮੂਹਰੇ ਕਿਸਾਨੀ ਮੰਗਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਰੋਸ ਧਰਨੇ ਦਿੱਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋ. ਅ. ਦਲ. ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕੇਂਦਰ ਅਤੇ ਸੂਬਾ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਦੀ ਸਰਕਾਰ ਜੋ ਕਿ ਕੁੰਭ ਕਰਨ ਦੀ ਨੀਂਦ ਸੁੱਤੀ ਹੈ, ਨੂੰ ਜਗਾਉਣ ਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜੋ ਕਿ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਰੁਲ ਰਹੀ ਹੈ। ਇਸ ਖ਼ਿਲਾਫ਼ ਹਲਕਾ ਮਜੀਠਾ 'ਚ ਬਿਕਰਮ ਸਿੰਘ ਮਜੀਠੀਆ , ਜਥੇਦਾਰ ਵੀਰ ਸਿੰਘ ਲੋਪੋਕੇ , ਗੁਲਜ਼ਾਰ ਸਿੰਘ ਰਣੀਕੇ , ਜੋਧ ਸਿੰਘ ਸਮਰਾ , ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ , ਹ ਸਤਿੰਦਰਪਾਲ ਸਿੰਘ ਛਜਲਵਿੰਡੀ ਦੀ ਅਗਵਾਈ ਹੇਠ ਵਿਸ਼ਾਲ ਰੂਪ ਚ ਰੋਸ ਧਰਨੇ ਦਿੱਤੇ ਜਾਣਗੇ। ਉਪਰੰਤ ਡੀ ਸੀ ਅਤੇ ਐਸ, ਡੀ,ਐਮ ਨੂੰ ਮੰਗ ਪੱਤਰ ਦਿੱਤੇ ਜਾਣਗੇ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤਾ ਸ਼੍ਰੋਮਣੀ ਅਕਾਲੀ ਦਲ ਵੱਡੇ ਪੱਧਰ 'ਤੇ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗਾ ।