ਹਰਿਆਣਾ ਸਿੱਖ ਏਕਤਾ ਦਲ ਦੇ ਵਫ਼ਦ ਨੇ ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਚ.ਐਸ. ਭੱਲਾ ਨਾਲ ਕੀਤੀ ਮੁਲਾਕਾਤ
ਕਰਨਾਲ,4 ਨਵੰਬਰ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਏਕਤਾ ਦਲ ਦੇ ਵਫ਼ਦ ਨੇ ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਚ.ਐਸ. ਭੱਲਾ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਚੋਣਾਂ ਅਤੇ ਨਵੀਆਂ ਵੋਟਾਂ ਬਣਾਉਣ ਸੰਬੰਧੀ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹਰਿਆਣਾ ਸਿੱਖ ਏਕਤਾ ਦਲ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਸੀ, ਜਿਸ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਅੱਜ ਹਰਿਆਣਾ ਸਿੱਖ ਏਕਤਾ ਦਲ ਦੇ ਇਕ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਚ.ਐਸ. ਭੱਲਾ ਨਾਲ ਜਸਟਿਸ ਭੱਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾ ਨੇ ਵਫ਼ਦ ਨੂੰ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਸ ਦਾ ਅਧਿਕਾਰਤ ਐਲਾਨ ਦੋ-ਤਿੰਨ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਸੰਬਰ ਵਿਚ ਸ਼ਹੀਦੀ ਗੁਰਪੁਰਬ ਅਤੇ ਜਨਵਰੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ ਜਨਵਰੀ ਮਹੀਨੇ ਵਿਚ ਕਿਸੇ ਵੀ ਦਿਨ ਚੋਣਾਂ ਕਰਵਾਈਆਂ ਜਾਣਗੀਆਂ।