JALANDHAR WEATHER

ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਸੰਗਠਨਾਂ ਵਲੋਂ ਤੁਰੰਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਸ. ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤ ਸਰਕਾਰ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਰਾਮਮੋਹਨ ਨਾਇਡੂ ਨੂੰ ਪੱਤਰ ਭੇਜ ਕੇ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਉੱਤੇ ਕਿਰਪਾਨ ਪਹਿਨਣ ’ਤੇ ਲਾਈ ਪਾਬੰਦੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਇਹ ਸੰਗਠਨ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ) ਦੇ ਹਾਲ ਹੀ ਵਿਚ ਜਾਰੀ ਕੀਤੇ ਗਏ ਦਿਸ਼ਾਂ ਨਿਰਦੇਸ਼ ਵਿਚ ਸੁਧਾਰ ਦੀ ਮੰਗ ਕਰ ਰਹੇ ਹਨ, ਜਿਸ ਵਿਚ ਹਵਾਈ ਅੱਡਿਆਂ ‘ਤੇ ਕੰਮ ਕਰ ਰਹੇ ਸਿੱਖ ਕਰਮਚਾਰੀਆਂ ਨੂੰ ਡਿਊਟੀ ‘ਤੇ ਕਿਰਪਾਨ ਪਹਿਨਣ ਤੋਂ ਰੋਕਿਆ ਗਿਆ ਹੈ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਓਵਰਸੀਜ਼ ਸਕੱਤਰ ਤੇ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਿਊਰੋ ਵਲੋਂ ਜਾਰੀ 30 ਅਕਤੂਬਰ, 2024 ਦੇ ਆਦੇਸ਼ ਅਨੁਸਾਰ, ਸਿੱਖ ਯਾਤਰੀਆਂ ਨੂੰ ਛੇ ਇੰਚ ਤੱਕ ਦੇ ਬਲੇਡ ਵਾਲੀਆਂ ਕਿਰਪਾਨਾਂ ਨਾਲ ਘਰੇਲੂ ਉਡਾਨਾਂ ’ਤੇ ਜਾਣ ਦੀ ਆਗਿਆ ਹੈ, ਪਰ ਇਸ ਨੋਟੀਫੀਕੇਸ਼ਨ ‘ਚ ਇਹ ਵੀ ਲਿਖ ਦਿੱਤਾ ਗਿਆ ਹੈ ਕਿ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੋਂ ਸਪੱਸ਼ਟ ਤੌਰ ’ਤੇ ਰੋਕ ਹੈ। ਇਸ ਪਾਬੰਦੀ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਵਲੋਂ ਡਿਉਟੀ ਦੌਰਾਨ ਜ਼ਿੰਮੇਵਾਰੀਆਂ ਪੂਰੀਆਂ ਕਰਨ ਵਿਚ ਰੁਕਾਵਟ ਆ ਰਹੀ ਹੈ। ਮੰਚ ਨੇ ਇਸ ਪਾਬੰਦੀ ਵਾਲੀ ਲਾਈਨ ਨੂੰ ਹਟਾਉਣ ਅਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਦੀ ਸਪੱਸ਼ਟ ਤੌਰ ’ਤੇ ਆਗਿਆ ਦੇਣ ਲਈ ਜ਼ੋਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ