ਸ਼੍ਰੋਮਣੀ ਅਕਾਲੀ ਦਲ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਅਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਅਤੇ ਡੀ.ਸੀ. ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਝੋਨੇ ਦੀ ਖਰੀਦ ਦੇ ਪ੍ਰਬੰਧ ਨਾ ਹੋਣ ਦੇ ਦੋਸ਼ ਲਗਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿਚ ਹਰ ਸਾਲ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਹੈ ਮਗਰ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ 13 ਅਕਤੂਬਰ ਤੱਕ ਵੀ ਝੋਨੇ ਦੀ ਖਰੀਦ ਨਹੀਂ ਸ਼ੁਰੂ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਮੰਡੀ ਵਿਚ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਹਨ, ਜਿਸ ਕਾਰਨ ਕਿਸਾਨ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਾਜਿਸ਼ ਦੇ ਤਹਿਤ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ।