JALANDHAR WEATHER

ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ, 5 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ’ਤੇ ਉਨ੍ਹਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ‘ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸ ਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਨ੍ਹਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ