ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਕਟਾਰੀਆਂ (ਨਵਾਂਸ਼ਹਿਰ), 13 ਅਕਤੂਬਰ (ਪ੍ਰੇਮੀ ਸੰਧਵਾਂ)-ਕਟਾਰੀਆਂ ਤੇ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰਾਂ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾਈ ਮੀਤ ਪ੍ਰਧਾਨ ਜਥੇ. ਦਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਝੋਨੇ ਦੀਆਂ ਬੋਰੀਆਂ ਦੇ ਮੰਡੀਆਂ ਵਿਚ ਲੱਗੇ ਅੰਬਾਰਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਨੂੰ ਮਜਬੂਰ ਹੋਣਗੇ।