ਧਰਮ ਪ੍ਰਚਾਰ ਕਮੇਟੀ ਵਲੋਂ 19 ਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 19 ਅਤੇ 20 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿਚ 55 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੇਟਸ਼ੀਟ ਭੇਜੀ ਜਾ ਚੁੱਕੀ ਹੈ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221 ’ਤੇ ਸੰਪਰਕ ਕਰ ਸਕਦੇ ਹਨ।