ਸਫਾਈ ਸੇਵਕਾਂ ਨੇ ਭਗਵੰਤ ਮਾਨ ਦਾ ਪੁੱਤਲਾ ਫੂਕ ਕੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ
ਗੁਰੂ ਹਰ ਸਹਾਏ, ਫ਼ਿਰੋਜ਼ਪੁਰ, 13 ਨਵੰਬਰ (ਕਪਿਲ ਕੰਧਾਰੀ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸਫ਼ਾਈ ਸੇਵਕ ਯੂਨੀਅਨ ਗੁਰੂ ਹਰ ਸਹਾਏ ਵਲੋਂ ਨਗਰ ਕੋਂਸਲ ਦਫ਼ਤਰ ਦੇ ਗੇਟ ਦੇ ਬਾਹਰ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਹੋਏ ਉਪ ਪ੍ਰਧਾਨ ਸੋਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ਼ ਵਜੋਂ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਹੋਈ ਮੀਟਿੰਗ ਵਿਚ ਕੀਤੇ ਗਏ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕਰਮਚਾਰੀਆਂ ਦੀਆ ਤਨਖਾਹਾਂ ਸਮੇਂ ਸਿਰ ਦੇਣਾ ਆਦਿ ਹੋਰ ਵੱਖ ਵੱਖ ਮੰਗਾਂ ਨੂੰ ਲੈ ਕੇ ਉਨ੍ਹਾਂ ਵਲੋਂ ਅੱਜ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।