ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਕਰਨਾਲ, 13 ਨਵੰਬਰ (ਗੁਰਮੀਤ ਸਿੰਘ ਸੱਗੂ )- ਜਗਤ ਗੁਰੂ ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਆਗਮਨ ਦਿਵਸ ਦੇ ਸੰਬੰਧ ਵਿਚ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਵਿਚ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਡੇਰਾ ਕਾਰ ਸੇਵਾ ਕਲੰਦਰੀ ਗੇਟ ਤੋਂ ਸ਼ੁਰੂ ਹੋਇਆ ਅਤੇ ਪਾਲਕੀ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਨਗਰ ਕੀਰਤਨ ਵਿਚ ਸ਼ਾਮਿਲ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਵਿੱਚ ਸਸੋਭਿਤ ਕਰਕੇ ਗੁਰਦੁਆਰਾ ਮੰਜੀ ਸਾਹਿਬ ਦੇ ਹੈਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜੂਰੀ ਵਿਚ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ । ਨਗਰ ਕੀਰਤਨ ਵੱਖ-ਵੱਖ ਥਾਂਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋਇਆ। ਟਾਕਸ ਫੋਰਸ ਦੇ ਮੈਂਬਰਾਂ ਨੇ ਸੁਰਿੰਦਰ ਪਾਲ ਰਾਮਗੜੀਆ ਦੀ ਦੇਖਰੇਖ ਟ੍ਰੈਫਿਕ ਆਵਾਜਾਈ ਨੂੰ ਕੰਟਰੋਲ ਕੀਤਾ। ਗੁਰੂ ਨਾਨਕ ਸੇਵਕ ਜਥੇ ਦੇ ਸ਼ਬਦੀ ਜਥੇ ਵਲੋਂ ਸ਼ਬਦ ਗਾਇਨ ਕਰ ਸੰਗਤ ਨੂੰ ਗੁਰੂ ਨਾਲ ਜੋੜਿਆ। ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਨਗਰ ਕੀਰਤਨ ਵਿਚ ਸ਼ਬਦ ਗਾਇਨ ਅਤੇ ਪੀ.ਟੀ. ਕਰਤਬ ਦਿਖਾ ਕੇ ਸੰਗਤ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਨਗਰ ਕੀਰਤਨ ਵਿਚ ਬੀਰ ਗਤਕਾ ਅਖਾੜਾ, ਦਸਮੇਸ਼ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ ਨਗਰ ਕੀਰਤਨ ਦੀ ਹਰ ਥਾਂ ਤੇ ਦੇਖਰੇਖ ਕਰ ਰਹੇ ਸਨ । ਇਸ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ ’ਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੇ ਪ੍ਰਧਾਨ ਗੁਲਾਬ ਸਿੰਘ ਮੂਨਕ, ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮੈਂਬਰ ਸਹਿਬਾਨ ਸ਼ਾਮਿਲ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਨਵੰਬਰ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਪ੍ਰਚਾਰਕ ਦੇ ਕਥਾਵਾਚਕ ਪਹੁੰਚ ਕੇ ਸੰਗਤ ਨੂੰ ਨਿਹਾਲ ਕਰਨਗੇ।