ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕੀਤਾ-ਸੁਖਪਾਲ ਸਿੰਘ ਖਹਿਰਾ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਪ੍ਰਧਾਨ ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਖਿੜਕੀਆਂਵਾਲਾ, ਭੁੱਟੀਵਾਲਾ, ਆਸਾ ਬੁੱਟਰ ਵਿਖੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਢਾਈ ਸਾਲਾਂ ਵਿਚ ਇਕ ਲੱਖ ਕਰੋੜ ਦਾ ਹੋਰ ਕਰਜ਼ਾ ਚੜ੍ਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹਦ ਮਾੜੀ ਹੈ ਅਤੇ ਨਸ਼ੇ ਦੀ ਬੁਰਾਈ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਵਿਚ ਕਿਸਾਨਾਂ ਦੀ ਲੁੱਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਗੁਆਂਢੀ ਮੁਲਕ ਪਾਕਿਸਤਾਨ ਦਾ ਬਾਰਡਰ ਖੋਲ੍ਹ ਕੇ ਵਪਾਰ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ ਅਤੇ ਉਸ ਦੇ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਤਾਲਿਬਾਨ ਤੱਕ ਕਹਿ ਰਹੇ ਹਨ।