ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੌਤ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਨਵੀਂ ਦਿੱਲੀ , 18 ਨਵੰਬਰ- ਸੁਪਰੀਮ ਕੋਰਟ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੌਤ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਦਾਲਤ ਅਜਿਹੇ ਮਾਮਲੇ ਦਾ ਫੈਸਲਾ ਨਹੀਂ ਕਰ ਸਕਦੀ ਤੇ ਨਿਆਂਪਾਲਿਕਾ ਦਾ ਕੰਮ ਸਰਕਾਰ ਚਲਾਉਣਾ ਨਹੀਂ ਹੈ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਬੈਂਚ ਨੇ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਉਚਿਤ ਫੋਰਮ ਤੱਕ ਪਹੁੰਚਣ ਲਈ ਕਿਹਾ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਬੋਸ ਦੀ ਮੌਤ ਇਕ ਰਹੱਸ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਲਾਪਤਾ ਹੋਣ ਦੇ ਸੰਬੰਧ ਵਿਚ ਕੋਈ ਅੰਤਿਮ ਨਤੀਜਾ ਉਪਲਬਧ ਨਹੀਂ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਹਰ ਚੀਜ਼ ਦੇ ਮਾਹਰ ਨਹੀਂ ਹਾਂ। ਜਸਟਿਸ ਕਾਂਤ ਨੇ ਕਿਹਾ ਕਿ ਸੁਪਰੀਮ ਕੋਰਟ ਹਰ ਚੀਜ਼ ਦੀ ਦਵਾ ਨਹੀਂ ਹੈ। ਜਸਟਿਸ ਕਾਂਤ ਨੇ ਅੱਗੇ ਕਿਹਾ ਕਿ ਅਦਾਲਤ ਦਾ ਕੰਮ ਕਾਨੂੰਨੀ ਮੁੱਦਿਆਂ ਦਾ ਫੈਸਲਾ ਕਰਨਾ ਹੈ।