ਚੀਫ਼ ਖ਼ਾਲਸਾ ਦੀਵਾਨ ਵਲੋਂ 21 ਤੋਂ 23 ਨਵੰਬਰ ਦੌਰਾਨ ਕਰਵਾਈ ਜਾਵੇਗੀ ਸਰਬ ਹਿੰਦ ਸਿੱਖ ਵਿੱਦਿਅਕ ਕਾਨਫਰੰਸ- ਡਾ. ਨਿੱਝਰ
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਵਲੋਂ ਤਿੰਨ ਦਿਨਾਂ ਸਰਬ ਹਿੰਦ ਸਿੱਖ ਵਿੱਦਿਅਕ ਕਾਨਫ਼ਰੰਸ 21 ਤੋਂ 23 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।। ਇਸ ਸੰਬੰਧੀ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਜਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਿੱਦਿਅਕ ਕਾਨਫਰੰਸ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ ਤੇ ਇਸ ਕਾਨਫਰੰਸ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਰਵਾਈ ਜਾ ਰਹੀ ਇਸ ਕਾਨਫਰੰਸ ਵਿਚ ਪਾਕਿਸਤਾਨ ਤੋਂ ਵੀ ਪੰਜਾਬੀ ਵਿਦਵਾਨਾਂ ਨੂੰ ਸੱਦਿਆ ਗਿਆ ਸੀ ਪਰ ਜ਼ਰੂਰੀ ਰੁਝੇਵਿਆਂ ਕਾਰਨ ਉਹ ਇਸ ਵਿਚ ਸ਼ਾਮਿਲ ਨਹੀਂ ਹੋ ਰਹੇ। ਇਸ ਮੌਕੇ ਸੰਤੋਖ ਸਿੰਘ ਸੇਠੀ, ਜਗਜੀਤ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ, ਡਾਕਟਰ ਅਮਰਜੀਤ ਸਿੰਘ ਦੂਆ ਤੇ ਜਸਪਾਲ ਸਿੰਘ ਢਿੱਲੋ ਵੀ ਮੌਜੂਦ ਸਨ।