ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਹੁਣ 19 ਤੇ 21 ਨਵੰਬਰ ਨੂੰ ਹੋਵੇਗੀ
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਿਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰੀਖਿਆ 19 ਅਤੇ 20 ਨਵੰਬਰ ਹੋਣ ਸੀ ਪਰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹੁਣ ਇਹ ਧਾਰਮਿਕ ਪ੍ਰੀਖਿਆ 19 ਅਤੇ 21 ਨਵੰਬਰ ਨੂੰ ਹੋਵੇਗੀ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਅਤੇ ਧਾਰਮਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਨੂੰ ਇਹ ਤਬਦੀਲੀ ਅਨੁਸਾਰ ਪ੍ਰੀਖਿਆ ਵਿਚ ਸ਼ਾਮਿਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ।