ਹਰਦੀਪ ਸਿੰਘ ਪੁਰੀ ਨੇ ਸਿੱਖ ਭਾਈਚਾਰੇ ਲਈ ਵੱਖ-ਵੱਖ ਪਹਿਲਕਦਮੀਆਂ ਲਈ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਪ੍ਰਸ਼ੰਸਾ
ਨਵੀਂ ਦਿੱਲੀ , 19 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਮੇਤ ਸਿੱਖ ਭਾਈਚਾਰੇ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ ਹੈ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਵਿਚ, ਪੁਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲਣ ਤੋਂ ਲੈ ਕੇ 31 ਅਕਤੂਬਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਲੰਡਨ (ਸਟੈਨਸਟੇਡ) ਵਿਚਕਾਰ ਓਪਰੇਸ਼ਨ ਸ਼ੁਰੂ ਕਰਨ ਵਾਲੇ ਏਅਰ ਇੰਡੀਆ ਦੇ ਜਹਾਜ਼ ’ਤੇ ਸਿੱਖ ਧਰਮ ਦੀ ਬੁਨਿਆਦੀ ਸਿੱਖਿਆ ‘ਏਕ ਓਂਕਾਰ’ ਨੂੰ ਪੇਂਟ ਕਰਨ ਤੱਕ, 2019, ਜਦੋਂ ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਸੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਭ ਤੋਂ ਵਧੀਆ ਤਰੀਕੇ ਨਾਲ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ, ਜੋ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਵਧਾਵਾ ਦਿੰਦਾ ਹੈ, ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਸ਼ਾਬਦਿਕ ਅਤੇ ਅਲੰਕਾਰਿਕ ਪੁਲ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ 18 ਸਾਲ ਇਥੇ ਬਿਤਾਏ ਤੇ 22 ਸਤੰਬਰ 1539 ਨੂੰ ਇਥੋਂ ਦੇਹ ਤਿਆਗ ਕੀਤਾ। ਇਸ ਕਾਰਨ ਇਸ ਗੁਰਦੁਆਰੇ ਨੂੰ ਸਿੱਖ ਧਰਮ ਵਿਚ ਦੂਜੀ ਸਭ ਤੋਂ ਪਵਿੱਤਰ ਥਾਂ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ 23 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲ ਲਈ ਵਧਾਉਣ ਲਈ ਸਹਿਮਤੀ ਪ੍ਰਗਟਾਈ ਸੀ। ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਨਾਰੋਵਾਲ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਭਾਰਤ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ 24 ਅਕਤੂਬਰ 2019 ਨੂੰ ਦੋਵਾਂ ਦੇਸ਼ਾਂ ਵਿਚਾਲੇ ਹਸਤਾਖਰ ਕੀਤੇ ਗਏ। ਇਸ ਤੋਂ ਪਹਿਲਾਂ ਇਸ ਸਾਲ ਜੂਨ ਵਿਚ ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ 509 ਵੀਜ਼ੇ ਜਾਰੀ ਕੀਤੇ ਸਨ।