ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ 'ਤੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਿਲ ਹਨ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ। ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਵੀ ਬਾਹਰ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੇ ਪ੍ਰਧਾਨ ਦਰਮਿਆਨ ਪੰਥਕ ਮਸਲਿਆਂ ਨੂੰ ਲੈ ਕੇ ਅਕਸਰ ਇਹੋ ਜਿਹੀਆਂ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਬਾਰੇ ਫੈਸਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਿਆ ਜਾਵੇਗਾ।