ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਮੁੜ ਲਿਖਿਆ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਬੀਤੇ ਦਿਨੀ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖ ਕੇ ਉਸ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਦਾਸ ਨੂੰ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦਾ ਹਾਂ। ਭਾਵੇਂ ਅਕਾਲ ਤਖ਼ਤ ਸਕਤਰੇਤ ਵਲੋਂ ਇਸ ਪੱਤਰ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਇਹ ਪੱਤਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਸਮਝਿਆ ਜਾਂਦਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਇਕੱਤਰਤਾ ਆਉਂਦੇ ਦਿਨਾਂ ਵਿਚ ਕਿਸੇ ਵੇਲੇ ਵੀ ਹੋ ਸਕਦੀ ਹੈ।