JALANDHAR WEATHER

ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ) -ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ (ਜਲੰਧਰ) ਵਿਖੇ ਪੰਥਕ ਜਾਹੋ-ਜਲਾਲ ਨਾਲ ਸੰਪੂਰਨ ਹੋਏ। ਸ਼੍ਰੋਮਣੀ ਕਮੇਟੀ ਵਲੋਂ ਆਯੋਜਤ ਸ਼ਤਾਬਦੀ ਦੇ ਮੁੱਖ ਸਮਾਗਮ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਅਤੇ ਕੁਰਬਾਨੀ ਦੀ ਸੇਧ ਵਿਚ ਸਿੱਖ ਜਗਤ ਨੂੰ ਆਦਰਸ਼ਕ ਜੀਵਨ ਜਾਚ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮਾਤਾ ਗੁਜਰ ਕੌਰ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ ਨਿਖਾਰਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਲ ਉਮਰੇ ਆਪਣੇ ਅਕੀਦੇ ਉੱਪਰ ਕਾਇਮ ਰਹਿੰਦਿਆਂ ਵੱਡੀ ਸ਼ਹਾਦਤ ਦੇਣ ਲਈ ਦ੍ਰਿੜ੍ਹ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੱਖ ਕੌਮ ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਮਾਤਾ ਗੁਜਰ ਕੌਰ ਸਬਰ, ਸਿਦਕ, ਸਹਿਣਸ਼ੀਲਤਾ ਦਾ ਮਹਾਨ ਸੋਮਾ ਅਤੇ ਵਿਸ਼ਾਲ ਜਿਗਰੇ ਵਾਲੇ ਸਨ, ਜਿਨ੍ਹਾਂ ਦੀ ਕੁਖੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ਮਾਨ ਹੋਏ । ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੀ ਮਜ਼ਬੂਤੀ ਲਈ ਇਕਜੁਟ ਹੋਣ ਦਾ ਵੀ ਸੱਦਾ ਦਿੱਤਾ। ਸਮਾਗਮ ਦੌਰਾਨ ਕਵੀਸ਼ਰ ਗਿਆਨੀ ਗੁਰਮੁੱਖ ਐਮ.ਏ. ਦੀ ਪੁਸਤਕ ਵੀ ਰੀਲੀਜ਼ ਕੀਤੀ ਗਈ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਵਿਸ਼ੇਸ਼ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਬੀਬੀਆਂ ਨੂੰ ਵੀ ਸਨਮਾਨ ਦਿੱਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ