ਪ੍ਰਧਾਨ ਮੰਤਰੀ ਅੱਜ ਕਰਨਗੇ ਅੰਤਰਰਾਸ਼ਟਰੀ ਸਹਿਕਾਰਤਾ ਸੰਮੇਲਨ ਦਾ ਉਦਘਾਟਨ
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਮੰਡਪਮ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਸੰਮੇਲਨ ਦਾ ਉਦਘਾਟਨ ਕਰਨਗੇ। 30 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ 100 ਤੋਂ ਵੱਧ ਦੇਸ਼ਾਂ ਦੇ 1500 ਡੈਲੀਗੇਟ ਹਿੱਸਾ ਲੈਣਗੇ। ਅੰਤਰਰਾਸ਼ਟਰੀ ਸਹਿਕਾਰੀ ਗਠਜੋੜ ਦੇ 130 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤ ਵਿਚ ਗਲੋਬਲ ਕੋਆਪਰੇਟਿਵ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਅੰਤਰਰਾਸ਼ਟਰੀ ਸਹਿਕਾਰਤਾ ਸਾਲ ’ਤੇ ਇਕ ਯਾਦਗਾਰੀ ਟਿਕਟ ਵੀ ਜਾਰੀ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਇਸ ਸਮਾਗਮ ਦੌਰਾਨ ਰੌਚਡੇਲ ਪਾਇਨੀਅਰ ਐਵਾਰਡ-25 ਵੀ ਦਿੱਤਾ ਜਾਵੇਗਾ। ਇਹ ਵਿਅਕਤੀਆਂ ਜਾਂ ਸੰਸਥਾਵਾਂ ਨੂੰ ਸਹਿਕਾਰਤਾ ਦੇ ਵਿਕਾਸ ਅਤੇ ਅੰਤਰਰਾਸ਼ਟਰੀ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਦਿੱਤਾ ਜਾਂਦਾ ਹੈ।