ਕਿਸਾਨ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਦੇਣ ਧਰਨਾ- ਤਰੁਣ ਚੁੱਘ
ਜਲੰਧਰ, 25 ਨਵੰਬਰ- ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਪ੍ਰਦੇਸ਼ ਮੈਂਬਰਸ਼ਿਪ ਅਭਿਆਨ ਦੀ ਮੀਟਿੰਗ ਅੱਜ ਹੋਈ। ਇਸ ਮੀਟਿੰਗ ਵਿਚ ਮਨੋਰੰਜਨ ਕਾਲੀਆ ਸਮੇਤ ਕਈ ਆਗੂਆਂ ਦਾ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ ਸਮੇਤ ਕਈ ਆਗੂ ਹਾਜ਼ਰ ਹੋਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਇਸ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ, ਜਿਸ ਵਿਚ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਸਾਨਾਂ ਬਾਰੇ ਕਿਹਾ ਕਿ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਦੀ ਬਜਾਏ ਪੰਜਾਬ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਚੁੱਘ ਨੇ ਕਿਹਾ ਕਿ ਪਾਰਟੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਸਿੱਖਾਂ ਦੇ ਕਤਲ-ਏ-ਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਕਾਂਗਰਸ ਨਾਲ ਕੀ ਸੰਬੰਧ ਹੈ।