ਜ਼ਿਲ੍ਹਾ ਸੰਗਰੂਰ 'ਚ 21ਵੀਂ ਪਸ਼ੂਧੰਨ ਗਣਨਾ ਦਾ ਆਗਾਜ਼
ਸੰਗਰੂਰ, 25 ਨਵੰਬਰ (ਧੀਰਜ ਪਸ਼ੋਰੀਆ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਵਲੋਂ 21ਵੀਂ ਪਸ਼ੂਧੰਨ ਗਣਨਾ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਗਣਨਾ ਦੌਰਾਨ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਗਣਨਾ ਤਹਿਤ ਪਹਿਲੀ ਵਾਰ ਪਸ਼ੂ ਪਾਲਣ ਕਿੱਤੇ ਵਿਚ ਔਰਤਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2019 ਤੋਂ ਬਾਅਦ ਇਹ ਗਣਨਾ ਦੂਜੀ ਵਾਰ ਡਿਜੀਟਲ ਰੂਪ ਵਿਚ ਕਰਵਾਈ ਜਾਵੇਗੀ, ਜਿਸ ਵਿਚ ਪਸ਼ੂਧੰਨ ਦੀਆਂ ਨਸਲਾਂ ਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਵਿਸ਼ੇਸ਼ ਐਪ ਦੀ ਵਰਤੋਂ ਕੀਤੀ ਜਾਵੇਗੀ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ 16 ਸੁਪਰਵਾਈਜ਼ਰ ਅਤੇ 74 ਗਿਣਤੀਕਾਰ ਨਿਯੁਕਤ ਕੀਤੇ ਗਏ ਹਨ ਜੋ ਕਿ 71336 ਘਰਾਂ ਵਿਚ ਜਾ ਕੇ ਪਸ਼ੂਧੰਨ ਦੀ ਗਿਣਤੀ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਗਣਨਾ ਫਰਵਰੀ 2025 ਤੱਕ ਪੂਰੀ ਹੋਣ ਦੀ ਉਮੀਦ ਹੈ ਅਤੇ ਇਸ ਗਣਨਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸੰਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।