ਜੇ ਸੰਵਿਧਾਨ ਦੀ ਪਾਲਣਾ ਨਹੀਂ ਕਰ ਸਕਦੇ ਤਾਂ ਇਸ ਨੂੰ ਮੱਥੇ ਟੇਕਣ ਦਾ ਵੀ ਕੋਈ ਫਾਇਦਾ ਨਹੀਂ- ਮਜੀਠੀਆ
ਚੰਡੀਗੜ੍ਹ, 26 ਨਵੰਬਰ- ਸੰਵਿਧਾਨ ਦਿਵਸ ’ਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ’ਚ ਭਾਰਤੀ ਸੰਵਿਧਾਨ ਦੀ ਕਾਪੀ ਲੈ ਕੇ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਹੁਕਮਰਾਨਾ ਨੂੰ ਕਿਹਾ ਕਿ ਜੇਕਰ ਤੁਸੀਂ ਇਸ ਸੰਵਿਧਾਨ ਦੀ ਪਾਲਣਾ ਨਹੀਂ ਕਰ ਸਕਦੇ ਤਾਂ ਇਸ ਨੂੰ ਮੱਥੇ ਟੇਕਣ ਦਾ ਕੋਈ ਫਾਇਦਾ ਨਹੀਂ। ਉਨ੍ਹਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਯੂਨੀਵਰਸਿਟੀ ਦੇ ਸਾਰੇ ਹੱਕ ਪੰਜਾਬ ਨੂੰ ਦੇਣ ਅਤੇ ਚੰਡੀਗੜ੍ਹ ਵਿਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਸੰਬੰਧੀ ਜਾਰੀ ਕੋਸ਼ਿਸ਼ਾਂ ਦੇ ਵਿਰੋਧ ਵਜੋਂ ਪ੍ਰਸਤਾਵ ਪਾਸ ਕਰਨ ਦੀ ਮੰਗ ਰੱਖੀ। ਉਨ੍ਹਾਂ ਵਿਦਿਆਰਥੀਆਂ ’ਤੇ ਦਰਜ ਕੀਤੇ ਮੁਕਦਮਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪੁਲਿਸ ਦੇ ਐਸ.ਐਸ.ਐਸ.ਪੀ. ਸਮੇਤ ਪੰਜਾਬ ਦੇ ਰਾਜਪਾਲਾਂ ਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਨੂੰ ਮਾਮਲੇ ਸੰਬੰਧੀ ਲਿਖਤੀ ਪੱਤਰ ਦੇਣ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਏਕਤਾ ਨਾਲ ਸੰਘਰਸ਼ ਕਰਨ ਦੀ ਅਪੀਲ ਕੀਤੀ ਅਤੇ ਵਿਦਿਆਰਥੀਆਂ ’ਤੇ ਦਰਜ ਹੋਏ ਮੁਕੱਦਮਿਆਂ ਲਈ ਹਰ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।