ਵਿਜੀਲੈਂਸ ਵਲੋਂ ਕਾਬੂ ਕੀਤੇ ਗਏ ਤਹਿਸੀਲਦਾਰ ਦੇ ਹੱਕ ਵਿਚ ਬਰਨਾਲਾ ਵਿਖੇ ਸੂਬਾ ਪੱਧਰੀ ਧਰਨਾ
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਬੀਤੇ ਦਿਨ ਤਪਾ ਮੰਡੀ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਰੈਵਨਿਊ ਅਫਸਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਰੈਵਨਿਊ ਅਫਸਰਾਂ ਦਾ ਕਹਿਣਾ ਹੈ ਕਿ ਤਹਿਸੀਲਦਾਰ ਸੁਖਚਰਨ ਸਿੰਘ ਖਿਲਾਫ਼ ਵਿਜੀਲੈਂਸ ਵਲੋਂ ਧੱਕੇਸ਼ਾਹੀ ਕਰਦਿਆਂ ਗਲਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਤਹਿਸੀਲਦਾਰ ਖਿਲਾਫ ਕੀਤਾ ਗਿਆ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ ਰੈਵਨਿਊ ਅਫਸਰਾਂ ਵਲੋਂ ਪੰਜਾਬ ਪੱਧਰ ’ਤੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।