ਤਹਿਸੀਲਦਾਰਾਂ ਦੀ ਹੜਤਾਲ ਕਰਕੇ ਲੋਕ ਹੋਏ ਖੱਜਲ-ਖੁਆਰ
ਗੁਰੂਹਰਸਹਾਏ (ਫਿਰੋਜ਼ਪੁਰ), 28 ਨਵੰਬਰ (ਕਪਿਲ ਕੰਧਾਰੀ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਕੱਲ ਤਪਾ ਮੰਡੀ ਵਿਖੇ ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੇ ਰੋਸ ਵਜੋਂ ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਦੇ ਸਮੂਹ ਮੁਲਾਜ਼ਮਾਂ ਅਤੇ ਤਹਿਸੀਲਦਾਰਾਂ ਵਲੋਂ ਪੰਜਾਬ ਭਰ ਵਿਚ ਅੱਜ ਸਮੂਹਿਕ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਚਲਦਿਆਂ ਅੱਜ ਪੂਰੇ ਪੰਜਾਬ ਭਰ ਵਿਚ ਤਹਿਸੀਲਦਾਰ ਹੜਤਾਲ ਉਤੇ ਰਹੇ ਅਤੇ ਤਹਿਸੀਲ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਅੱਜ ਤਹਿਸੀਲ ਕੰਪਲੈਕਸ ਗੁਰੂਹਰਸਹਾਏ ਵਿਖੇ ਵੀ ਤਹਿਸੀਲਦਾਰ ਦੇ ਨਾ ਆਉਣ ਕਰਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਆਪਣਾ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਦੇ ਸਮੂਹ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਸੂਬਾ ਪ੍ਰਧਾਨ ਨੂੰ ਕਿਸੇ ਸਾਜ਼ਿਸ਼ ਤਹਿਤ ਜਾਣ-ਬੁੱਝ ਕੇ ਫਸਾਇਆ ਗਿਆ ਹੈ, ਜਿਸ ਦੇ ਰੋਸ ਵਜੋਂ ਉਹ ਅੱਜ ਸਮੂਹਿਕ ਛੁੱਟੀ ਉਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਹੱਲ ਨਹੀਂ ਹੁੰਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।