ਵਿਧਾਇਕ ਭਰਾਜ ਤੇ ਡੀ.ਸੀ. ਵਲੋਂ ਸੰਗਰੂਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸੰਗਰੂਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦੀ ਸਮੀਖਿਆ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੀ ਉਨ੍ਹਾਂ ਨਾਲ ਹਾਜ਼ਰ ਸਨ।ਮੀਟਿੰਗ ਦੀ ਸ਼ੁਰੂਆਤ ਵਿਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿਚ ਉੱਚ ਪੱਧਰੀ ਗੁਣਵਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਕੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਭਾਗੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਦੀ ਪ੍ਰਵਾਨਗੀ ਅਤੇ ਲੋੜੀਂਦੇ ਫੰਡ ਪਾਸ ਕਰਨ ਦੀ ਕਾਰਵਾਈ ਸਰਕਾਰ ਵਲੋਂ ਮੁਕੰਮਲ ਕੀਤੀ ਜਾ ਚੁੱਕੀ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸੰਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ। ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ।