ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁਖ ਹੋਣਗੇ ਪੇਸ਼
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ’ਤੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਅੱਜ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਵਿਚ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਅੱਜ ਤਤਕਾਲੀ ਅਕਾਲੀ ਸਰਕਾਰ ਦੇ ਸਾਬਕਾ ਸਿੱਖ ਮੰਤਰੀਆਂ ਤੋਂ ਇਲਾਵਾ ਸੰਨ 2015 ਵਾਲੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ 2015 ਵਾਲੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਸਿੰਘ ਸਾਹਿਬਾਨ ਵਲੋਂ ਹੁਕਮ ਕੀਤਾ ਹੋਇਆ ਹੈ। ਸਮਝਿਆ ਜਾਂਦਾ ਹੈ ਕਿ ਸਿੰਘ ਸਾਹਿਬਾਨ ਵਲੋਂ ਅੱਜ ਇਨ੍ਹਾਂ ਮਾਮਲਿਆਂ ਸੰਬੰਧੀ ਦੋਸ਼ੀ ਅਕਾਲੀ ਆਗੂਆਂ ਨੂੰ ਧਾਰਮਿਕ ਤਨਖਾਹ ਲਗਾਈ ਜਾ ਸਕਦੀ ਹੈ।