ਰਾਹੁਲ ਗਾਂਧੀ ਨੂੰ ਸੰਭਲ ਹਿੰਸਾ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਗਲਤ- ਕੇ.ਸੀ. ਵੇਣੂਗੋਪਾਲ
ਨਵੀਂ ਦਿੱਲੀ, 4 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਭਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫ਼ਲਾ ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਵਾਪਸ ਪਰਤ ਰਿਹਾ ਹੈ। ਵਾਪਿਸ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਬਾਰਡਰ ’ਤੇ ਮੌਜੂਦ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਇਕ ਪੋਸਟ ’ਚ ਲਿਖਿਆ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਅਗਵਾਈ ’ਚ ਸੰਭਲ ਜਾ ਰਹੇ ਸਾਡੇ ਵਫ਼ਦ ਨੂੰ ਗਾਜ਼ੀਆਬਾਦ ਵਿਖੇ ਯੂ.ਪੀ. ਸਰਹੱਦ ’ਤੇ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ. ਸਰਕਾਰ ਨੇ ਹਿੰਸਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰਾਹੁਲ ਗਾਂਧੀ ਨੂੰ ਕਿਉਂ ਰੋਕਿਆ। ਉਨ੍ਹਾਂ ਕਿਹਾ ਕਿ ਜਦੋਂ ਸੱਤਾਧਾਰੀ ਸ਼ਾਸਨ ਨੇ ਨਫ਼ਰਤ ਦਾ ਮਾਹੌਲ ਬਣਾ ਦਿੱਤਾ ਹੈ ਤਾਂ ਵਿਰੋਧੀ ਧਿਰ ਵਜੋਂ ਸਾਡਾ ਫ਼ਰਜ਼ ਹੈ ਕਿ ਅਸੀਂ ਪਿਆਰ ਤੇ ਹਮਦਰਦੀ ਦਾ ਪ੍ਰਗਟਾਵਾ ਕਰੀਏ। ਉਨ੍ਹਾਂ ਅੱਗੇ ਕਿਹਾ ਕਿ ਯੂ.ਪੀ. ਨੂੰ ਸਾਡੇ ਵਫ਼ਦ ਨੂੰ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।