ਸ. ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ
ਲੌਂਗੋਵਾਲ (ਸੰਗਰੂਰ), 4 ਦਸੰਬਰ (ਵਿਨੋਦ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਜਾਨੋ ਮਾਰਨ ਦੀ ਨੀਯਤ ਨਾਲ ਕੀਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਨਾ ਸਿਰਫ ਸੂਬੇ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਸਗੋਂ ਪੂਰੀ ਦੁਨੀਆ ਅੰਦਰ ਸ਼ਰਧਾ ਦਾ ਪ੍ਰਤੀਕ ਸ੍ਰੀ ਦਰਬਾਰ ਸਾਹਿਬ ਵਿਖੇ ਗੋਲੀਬਾਰੀ ਕਰਨ ਨਾਲ ਸਮੁੱਚੀ ਸੰਗਤ ਦੇ ਹਿਰਦੇ ਵੀ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ। ਘਟਨਾ ਦੀ ਪੂਰੀ ਜਾਂਚ ਕਰਕੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।