ਜੇ ਜ਼ੈੱਡ ਸੁਰੱਖਿਆ ਵਾਲਾ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦੀ ਸੁਰੱਖਿਆ ਕੌਣ ਕਰੇਗਾ - ਅਸ਼ਵਨੀ ਸ਼ਰਮਾ
ਪਠਾਨਕੋਟ, 4 ਦਸੰਬਰ (ਸੰਧੂ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਬਾਹਰ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ। ਉਨ੍ਹਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਲਈ ਤਾਂ ਬਹੁਤ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਪਰ ਜੇਕਰ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਜ਼ੈੱਡ ਸੁਰੱਖਿਆ ਵਾਲੇ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਆਮ ਆਦਮੀ ਦੀ ਸੁਰੱਖਿਆ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਹਮਲੇ ਦੀ ਸਖ਼ਤ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਪਿੱਛੇ ਕਿਹੜੀਆਂ ਤਾਕਤਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।