‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ 'ਚ ਲਗਾਇਆ ਕੈਂਪ
ਖਰੜ (ਮੋਹਾਲੀ), 5 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਲਈ ਕੈਂਪਾਂ ਦੀ ਲੜੀ ਵਿਚ ਖਰੜ ਦੇ ਵਾਰਡ ਨੰ. 16 ਵਿਚ ਕੈਂਪ ਲਗਾਇਆ ਗਿਆ। ਇਸ ਸੰਬੰਧੀ ਖਰੜ ਦੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰ. 16 ਨਜ਼ਦੀਕ ਸੀਨੀਅਰ ਸਿਟੀਜ਼ਨ ਹੋਮ ਮੁੰਡੀ ਖਰੜ ਵਿਖੇ ਲਗਾਏ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰ ਦਿੱਤੀ ਗਈ। ਇਸ ਦੌਰਾਨ ਦੱਸਿਆ ਕਿ ਇਸ ਕੈਂਪ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸੰਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਖਰੜ ਦੀਆਂ ਸੜਕਾਂ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਅੱਜ ਉਨ੍ਹਾਂ ਦੇ ਦਫਤਰ ਵਿਖੇ ਸ਼ਾਮੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।