ਚੋਣਾਂ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ’ਚ ਹਲਚਲ ਸ਼ੁਰੂ
ਮੱਖੂ (ਫਿਰੋਜ਼ਪੁਰ), 8 ਦਸੰਬਰ (ਵਰਿੰਦਰ ਮਨਚੰਦਾ)-ਪੰਜਾਬ ਵਿਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਮੱਖੂ ਅੰਦਰ ਵੱਖ-ਵੱਖ ਸਿਆਸੀ ਪਾਰਟੀਆਂ ’ਚ ਹਲਚਲ ਹੋਣੀ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਚੋਣਾਂ ’ਚ ਜਿੱਤ ਹਾਸਿਲ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਕਤ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਬੀਤੇ ਕੱਲ੍ਹ ਅਦਾਰਾ ‘ਅਜੀਤ’ ਵਲੋਂ 21 ਦਸੰਬਰ ਨੂੰ ਚੋਣਾਂ ਹੋਣ ਸੰਬੰਧੀ ਪ੍ਰਮੁੱਖਤਾ ਨਾਲ ਛਾਪਿਆ ਗਿਆ ਸੀ। ਆਉਣ ਵਾਲੇ ਇਕ-ਦੋ ਦਿਨਾਂ ’ਚ ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਗੀਆਂ, ਜਿਸ ਤੋਂ ਬਾਅਦ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਜਾਵੇਗਾ। ਚੋਣਾਂ ’ਚ ਜਿੱਤ ਹਾਸਿਲ ਕਰਨ ਲਈ ਪਾਰਟੀ ਦੇ ਨੁਮਾਇੰਦਿਆਂ ਵਲੋਂ ਆਪੋ-ਆਪਣੇ ਉਮੀਦਵਾਰ ਖੜ੍ਹੇ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵਾਰਡ ਵੰਡ ਦਾ ਕੰਮ ਮੁਕੰਮਲ ਕਰਕੇ ਮਾਰਚ ਵਿਚ ਇਹ ਚੋਣਾਂ ਕਰਵਾਉਣਾ ਚਾਹੁੰਦੀ ਸੀ। ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਤੋਂ ਇਲਾਵਾ 44 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ ਅਤੇ 9 ਦਸੰਬਰ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।