ਹਰਿਆਣਾ-ਪੰਜਾਬ ਬਾਰਡਰ ਬੰਦ ਕਰਨ ਦਾ ਮਾਮਲਾ ਮੁੜ ਸੁਪਰੀਮ ਕੋਰਟ ਪਹੁੰਚਿਆ, ਅੱਜ ਹੋ ਸਕਦੀ ਹੈ ਸੁਣਵਾਈ
![](/cmsimages/20241209/4714865__1.jpg)
ਨਵੀਂ ਦਿੱਲੀ, 9 ਦਸੰਬਰ- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿਚ ਦਿੱਲੀ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਇਕ ਦਿਨ ਪਹਿਲਾਂ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਅੰਬਾਲਾ ਦੇ ਡੀ.ਸੀ. ਅਤੇ ਐਸ.ਪੀ. ਨੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਸ਼ੰਭੂ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਨੇ ਇਕ ਦਿਨ ਦਾ ਸਮਾਂ ਵਧਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਦਸੰਬਰ ਨੂੰ ਪਾਣੀਪਤ ਦਾ ਦੌਰਾ ਕਰ ਰਹੇ ਹਨ। ਇਸ ਤੋਂ ਬਾਅਦ ਉਹ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਸਾਨੂੰ ਦਿੱਲੀ ਜਾਣ ਦੀ ਛੋਟ ਬਾਰੇ ਜਾਣਕਾਰੀ ਦੇਣਗੇ। ਪੰਜਾਬ ਦੇ ਗੌਰਵ ਲੂਥਰਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਅਦਾਲਤ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਸਰਹੱਦਾਂ ਖੋਲ੍ਹਣ ਦੇ ਹੁਕਮ ਦੇਵੇ। ਸਰਹੱਦ ਨੂੰ ਬੰਦ ਕਰਨਾ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਸੂਤਰਾਂ ਅਨੁਸਾਰ ਸੁਪਰੀਮ ਕੋਰਟ ਅੱਜ ਇਸ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ।