ਨਰਾਇਣ ਸਿੰਘ ਚੌੜਾ ਖਿਲਾਫ਼ ਹੋਵੇ ਪੰਥਕ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਦੂਰੋਂ ਦੂਰੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ’ਤੇ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਹੈ ਤੇ ਇਸ ਨਾਲ ਸ਼ਾਂਤਮਈ ਮਾਹੌਲ ਖ਼ਰਾਬ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੰਥਕ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਿਆ ਜਾਵੇ, ਇਸ ਲਈ ਉਨ੍ਹਾਂ ਕਮੇਟੀ ਦੀ ਮੀਟਿੰਗ ਵਿਚ ਮਤਾ ਵੀ ਲਿਆਂਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੋਲੀ ਦੀ ਇਸ ਘਟਨਾ ਦੀ ਜਾਂਚ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਤਿੰਨ ਹਫਤਿਆਂ ਦੇ ਅੰਦਰ ਆਪਣੀ ਰਿਪੋਰਟ ਦੇਵੇਗੀ। ਉਹਨਾਂ ਕਿਹਾ ਕਿ ਇਸ ਘਟਨਾ ਸੰਬੰਧੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।