ਅਕਾਲੀ ਦਲ ਸੁਧਾਰ ਲਹਿਰ ਵਲੋਂ ਪਾਰਟੀ ਦਾ ਢਾਂਚਾ ਭੰਗ ਕਰਨ ਦਾ ਐਲਾਨ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅੱਜ ਇਥੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਅੰਮ੍ਰਿਤਸਰ ਵਿਖੇ ਹੋਈ ਇਕੱਤਰਤਾ ਦੌਰਾਨ ਕਰੀਬ ਛੇ ਮਹੀਨੇ ਪਹਿਲਾਂ ਗਠਤ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬੀਬੀ ਕਿਰਨਜੋਤ ਕੌਰ ਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂ ਮੌਜੂਦ ਸਨ। ਬੀਬੀ ਜਗੀਰ ਕੌਰ ਤੇ ਭਾਈ ਮਨਜੀਤ ਸਿੰਘ ਨੇ ਇਕੱਤਰਤਾ ਵਿਚ ਲਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕੱਤਰਤਾ ਵਿਚ ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਪਾਲਣ ਕਰਦਿਆਂ ਸੁਧਾਰ ਲਹਿਰ ਦਾ ਪ੍ਰੀਜੀਡੀਅਮ ਢਾਂਚਾ ਭੰਗ ਕਰਨ ਦੇ ਨਾਲ ਹੀ ਪਿਛਲੇ ਸਮੇਂ ਵਿਚ ਗਠਿਤ ਬੋਰਡ ਵੀ ਭੰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਵੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਵਲੋਂ ਦਿੱਤੇ ਅਸਤੀਫੇ ਪ੍ਰਵਾਨ ਕਰ ਲੈਣੇ ਚਾਹੀਦੇ ਹਨ ਤੇ ਸਿੰਘ ਸਾਹਿਬਾਨ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਲ ਦੀ ਭਰਤੀ ਆਰੰਭ ਕਰਨੀ ਚਾਹੀਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਣ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗੇ।