ਰਾਹੁਲ ਗਾਂਧੀ ਨੇ ਕੀਤਾ ਹੈ ਸੰਵਿਧਾਨ ਦਾ ਅਪਮਾਨ- ਅਮਿਤ ਸ਼ਾਹ
ਰਾਂਚੀ, 9 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛਤਰਪੁਰ, ਝਾਰਖੰਡ ਵਿਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿਚ ਇਕ ਜਨਸਭਾ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪੱਛੜੀਆਂ ਸ਼੍ਰੇਣੀਆਂ, ਦਲਿਤਾਂ ਅਤੇ ਆਦਿਵਾਸੀਆਂ ਦੇ ਰਾਖਵੇਂਕਰਨ ਨੂੰ ਕੱਟ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਦੇਸ਼ ਵਿਚ ਭਾਜਪਾ ਹੈ, ਘੱਟ ਗਿਣਤੀਆਂ ਨੂੰ ਰਾਖਵਾਂਕਰਨ ਨਹੀਂ ਮਿਲੇਗਾ। ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਪਾਰਟੀ ਰਾਖਵੇਂਕਰਨ ਅਤੇ ਸੰਵਿਧਾਨ ਦੀ ਗੱਲ ਕਰਦੀ ਹੈ ਪਰ ਸੰਵਿਧਾਨ ਵਿਚ ਕਿਤੇ ਵੀ ਧਰਮ ਦੇ ਆਧਾਰ ’ਤੇ ਰਾਖਵੇਂਕਰਨ ਦੀ ਵਿਵਸਥਾ ਨਹੀਂ ਹੈ। ਮਹਾਰਾਸ਼ਟਰ ਵਿਚ ਉਲੇਮਾ ਦੇ ਸਮੂਹਾਂ ਨੇ 10 ਫੀਸਦੀ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਨੂੰ ਇਕ ਮੰਗ ਪੱਤਰ ਸੌਂਪਿਆ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅਸੀਂ ਮਦਦ ਕਰਾਂਗੇ। ਜੇਕਰ ਮੁਸਲਮਾਨਾਂ ਨੂੰ 10 ਫੀਸਦੀ ਰਾਖਵਾਂਕਰਨ ਮਿਲਦਾ ਹੈ ਤਾਂ ਘੱਟ ਕਿਸ ਕੋਲ ਹੋਵੇਗਾ? ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਹੱਥ ਵਿਚ ਸੰਵਿਧਾਨ ਲਹਿਰਾਉਂਦੇ ਹਨ, ਉਸ ਦਾ ਰਾਜ਼ ਦੋ ਦਿਨ ਪਹਿਲਾਂ ਹੀ ਬੇਨਕਾਬ ਹੋ ਗਿਆ ਸੀ। ਉਸ ਵਿਚ ਕੋਰੇ ਕਾਗਜ਼ ਸਨ। ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸੰਵਿਧਾਨ ਦਾ ਮਜ਼ਾਕ ਨਹੀਂ ਬਣਾਉਣਾ ਚਾਹੀਦਾ। ਇਹ ਵਿਸ਼ਵਾਸ ਦਾ ਸਵਾਲ ਹੈ। ਤੁਸੀਂ ਨਕਲੀ ਸੰਵਿਧਾਨ ਲਹਿਰਾ ਕੇ ਬਾਬਾ ਸਾਹਿਬ ਅੰਬੇਡਕਰ ਅਤੇ ਸੰਵਿਧਾਨ ਸਭਾ ਦਾ ਅਪਮਾਨ ਕੀਤਾ ਹੈ। ਕਾਂਗਰਸ ਨੇ ਸੰਵਿਧਾਨ ਦਾ ਮਜ਼ਾਕ ਉਡਾਇਆ ਹੈ।