ਸੁਪਰੀਮ ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀਆਂ ਸ਼ਰਤਾਂ ਵਿਚ ਢਿੱਲ ਦਿੱਤੀ ਹੈ। ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਿਤ ਮਾਮਲਿਆਂ ਵਿਚ ਹਫ਼ਤੇ ਵਿਚ ਦੋ ਵਾਰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣਾ ਪੈਂਦਾ ਸੀ। ਹੁਣ ਸੁਪਰੀਮ ਕੋਰਟ ਵਿਚ ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ। ਉਹ ਬਾਕਾਇਦਾ ਅਦਾਲਤ ਵਿਚ ਕੇਸ ਦੀ ਸੁਣਵਾਈ ਵਿਚ ਹਾਜ਼ਰ ਰਹਿਣਗੇ। 22 ਨਵੰਬਰ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀਆਂ ਸ਼ਰਤਾਂ ਵਿਚ ਢਿੱਲ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਨੂੰ ਮਨਜ਼ੂਰੀ ਦਿੱਤੀ ਸੀ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ 9 ਅਗਸਤ ਨੂੰ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਸੀ।