ਨਸ਼ਾ ਮੁਕਤ ਰੰਗਲਾ ਪੰਜਾਬ ਪੈਦਲ ਯਾਤਰਾ 'ਚ ਵੱਡੀ ਗਿਣਤੀ 'ਚ ਪੁੱਜੇ ਲੋਕ - ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ
ਕਰਤਾਰਪੁਰ (ਜਲੰਧਰ), 11 ਦਸੰਬਰ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਕੱਢੀ ਗਈ ਦੋ ਦਿਨਾ ਪੈਦਲ ਯਾਤਰਾ ਦੇ ਦੂਜੇ ਤੇ ਆਖਰੀ ਦਿਨ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਔਰਤਾਂ ਤੇ ਨੌਜਵਾਨ ਲੜਕੇ-ਲੜਕੀਆਂ ਦੀ ਸ਼ਮੂਲੀਅਤ ਰੰਗਲੇ ਪੰਜਾਬ ਦੀ ਸਿਰਜਣਾ ਲਈ ਸ਼ੁਭ ਸੰਕੇਤ ਹੈ।
ਅੱਜ ਸਥਾਨਕ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਪਿੰਡ ਭੱਠੇ ਤੋਂ 7 ਕਿਲੋਮੀਟਰ ਪੈਦਲ ਯਾਤਰਾ ਦੀ ਸਮਾਪਤੀ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਟਾਰੀਆ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਸੂਬੇ, ਦੇਸ਼ ਅਤੇ ਕੌਮ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਅਤੇ ਪੰਜਾਬ ਦੀ ਅਮੀਰ ਵਿਰਾਸਤ ਦੀ ਬਹਾਲੀ ਲਈ ਨਸ਼ਿਆਂ ਖਿਲਾਫ਼ ਲੜਾਈ ਵਿਚ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ 10 ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਇਸ ਅਲਾਮਤ ’ਤੇ ਕਾਬੂ ਪਾਇਆ ਜਾ ਸਕਦਾ ਹੈ।