ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੇ ਵਿਰੋਧ ਵਿਚ ਸਿਆਸੀ ਪਾਰਟੀਆਂ ਨੇ ਰਾਸ਼ਟਰੀ ਮਾਰਗ ਕੀਤਾ ਜਾਮ
ਮਲੋਟ, (ਸ੍ਰੀ ਮੁਕਤਸਰ ਸਾਹਿਬ), 14 ਦਸੰਬਰ (ਪਾਟਿਲ)- ਨਗਰ ਕੌਂਸਲ ਮਲੋਟ ਦੇ ਵਾਰਡ ਨੰ. 12 ਦੀ ਜ਼ਿਮਨੀ ਚੋਣ ਸੰਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਰੋਸ ਵਜੋਂ ਰਾਸ਼ਟਰੀ ਮਾਰਗ ਜਾਮ ਕੀਤਾ ਗਿਆ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਗਿਣੀ ਮਿਥੀ ਯੋਜਨਾ ਅਨੁਸਾਰ ਆਪ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਹਨ, ਜੋ ਕਿ ਉਮੀਦਵਾਰਾਂ ਅਤੇ ਵੋਟਰਾਂ ਨਾਲ ਸਰਾਸਰ ਧੱਕੇਸ਼ਾਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਰੁਪਿੰਦਰ ਕੌਰ ਰੂਬੀ ਸਮੇਤ ਕਾਂਗਰਸੀ, ਅਕਾਲੀ ਅਤੇ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।