ਜਲੰਧਰ ਪੁੱਜੇ ਅਮਨ ਅਰੋੜਾ ਨੇ ਪੰਜ ਗਰੰਟੀਆਂ ਦਾ ਕੀਤਾ ਐਲਾਨ
ਜਲੰਧਰ, 14 ਦਸੰਬਰ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਜਲੰਧਰ ਪਹੁੰਚ ਕੇ ਨਗਰ ਨਿਗਮ ਚੋਣਾਂ ਸੰਬੰਧੀ ਅਹਿਮ ਗੱਲਾਂ ਕਹੀਆਂ। ਅਮਨ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ, ਜਿਸ ਵਿਚ ਉਨ੍ਹਾਂ ਸ਼ਹਿਰ ਦੇ ਫਲਾਈਓਵਰਾਂ ਅਤੇ ਪੈਂਡਿੰਗ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਪਰੋਕਤ ਗਾਰੰਟੀਆਂ ਆਉਣ ਵਾਲੇ ਦੋ ਸਾਲਾਂ ਵਿਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਅਮਨ ਅਰੋੜਾ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੰਤਰੀ ਮਹਿੰਦਰ ਭਗਤ ਅਤੇ ਵਿਧਾਇਕ ਰਮਨ ਅਰੋੜਾ ਅਤੇ ਕਲਸੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਵੀਂ ਮੁਹਿੰਮ ਸ਼ੁਰੂ ਕਰ ਰਹੀ ਹੈ। ਸਾਰੇ ਉਮੀਦਵਾਰਾਂ ਨੂੰ 350 ਤੋਂ ਵੱਧ ਸੀਨੀਅਰ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੀ ਰਾਏ ਲੈ ਕੇ ਮੈਦਾਨ ਵਿਚ ਉਤਾਰਿਆ ਗਿਆ ਹੈ। ਅਸੀਂ ਕੰਮ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਦੇ ਚੰਗੇ ਆਗੂ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।