ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਫ਼ਿਰੋਜ਼ਪੁਰ, 16 ਦਸੰਬਰ (ਲਖਵਿੰਦਰ ਸਿੰਘ)-ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫ਼ਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਮੁਲਜ਼ਮ ਨੂੰ ਫ਼ਿਰੋਜ਼ਪੁਰ ਦੇ ਇਕ ਆੜ੍ਹਤੀ ਮੋਹਨ ਲਾਲ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖ਼ਰਚਿਆਂ ਨਾਲ ਸਬੰਧਿਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿਚ ਤੈਅ ਹੋਇਆ, ਜਿਸ ਦੀ ਰਕਮ 45 ਹਜ਼ਾਰ ਰੁਪਏ ਬਣਦੀ ਹੈ। ਬੁਲਾਰੇ ਅਨੁਸਾਰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।