ਬੀਬੀਆਂ ਦੇ ਵਫ਼ਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ ਦਿਨੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸੰਬੰਧੀ ਅਪਸ਼ਬਦ ਬੋਲੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਬੀਬੀਆਂ ਦਾ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਪੱਤਰ ਦੇਣ ਲਈ ਪੁੱਜਾ। ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇ ’ਤੇ ਬੈਠੇ ਪ੍ਰਧਾਨ ਵਰਗੇ ਵਿਅਕਤੀ ਨੂੰ ਅਜਿਹੀ ਭਾਸ਼ਾ ਬੋਲਣਾ ਸ਼ੋਭਨੀਕ ਨਹੀਂ ਹੈ ਤੇ ਉਨ੍ਹਾਂ ਕੇਵਲ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਰੁੱਧ ਹੀ ਨਹੀਂ ਸਮੁੱਚੀ ਔਰਤ ਜਾਤ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਆਪਣੀ ਗਲਤੀ ਲਈ ਇਖਲਾਕੀ ਜ਼ਿੰਮੇਵਾਰੀ ਸਮਝਦੇ ਹੋਏ ਖੁਦ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਜਥੇਦਾਰ ਤੋਂ ਮੰਗ ਕਰਨਗੇ ਕਿ ਐਡਵੋਕੇਟ ਧਾਮੀ ਵਿਰੁੱਧ ਪੰਥਕ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ ਤਾਂ ਕਿ ਸਿੱਖ ਪੰਥ ਸੰਤੁਸ਼ਟ ਹੋ ਸਕੇ ਅਤੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਬਹਾਲ ਹੋ ਸਕੇ।