ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਮੂਲ ਮੰਤਰ ਅਤੇ ਗੁਰ ਮੰਤਰ ਦੇ ਕੀਤੇ ਗਏ ਜਾਪ
ਅੰਮ੍ਰਿਤਸਰ, 22 ਦਸੰਬਰ (ਜਸਵੰਤ ਸਿੰਘ ਜੱਸ) - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜਾਰੀ ਸੰਦੇਸ਼ ਅਨੁਸਾਰ ਅੱਜ ਅੱਠ ਪੋਹ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਦਸ ਮਿੰਟ ਲਈ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਗਿਆਨੀ ਮਲਕੀਤ ਸਿੰਘ ਵਰਪਾਲ ਮੈਨੇਜਰ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੀਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਿੱਖ ਸੰਗਤਾਂ ਸ਼ਾਮਿਲ ਸਨ। ਇਥੇ ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਿੱਖ ਸੰਗਤਾਂ ਨੂੰ 22 ਦਸੰਬਰ ਅਤੇ 27 ਦਸੰਬਰ ਨੂੰ ਸਵੇਰੇ 10 ਵਜੇ 10 ਮਿੰਟਾਂ ਲਈ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਨ ਦਾ ਸੰਦੇਸ਼ ਦਿੱਤਾ ਗਿਆ ਸੀ।