ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਡੱਲੇਵਾਲ ਨੂੰ ਮਿਲਣ ਪੁੱਜੇ
ਸ਼ੁਤਰਾਣਾ (ਪਟਿਆਲਾ), 22 ਦਸੰਬਰ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਪਿਛਲੇ 27 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲਖਵਿੰਦਰ ਸਿੰਘ ਔਲਖ, ਇੰਦਰਜੀਤ ਸਿੰਘ ਖੋਸਾ, ਗੁਰਦੀਪ ਸਿੰਘ ਚਹਿਲ ਸਮੇਤ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਕੇ ਸ. ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ।