ਪ੍ਰਦੇਸ਼ ਕਾਂਗਰਸ ਵਲੋਂ ਗੋਲਡੀ ਧੰਜੂ ਮਾਲਵਾ ਜ਼ੋਨ ਦੇ ਸਟੇਟ ਕੋਆਰਡੀਨੇਟਰ ਨਿਯੁਕਤ
ਸੁਲਤਾਨਪੁਰ ਲੋਧੀ, 22 ਦਸੰਬਰ (ਥਿੰਦ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਗੋਲਡੀ ਧੰਜੂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਦੇਖਦਿਆਂ ਮਾਲਵਾ ਜ਼ੋਨ ਦਾ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੋਲਡੀ ਧੰਜੂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਚੇਅਰਮੈਨ ਗੁਰਤੇਜ ਸਿੰਘ ਪੰਨੂ ਦਾ ਉਚੇਚੇ ਤੌਰ ਉਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਲੋਕਾਂ ਦਾ ਪਿਆਰ ਮਿਲ ਰਿਹਾ ਹੈ, ਜਿਸ ਸਦਕਾ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਜਦੋਂ ਵੀ ਪੰਜਾਬ ਵਿਚ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਹੀ ਸੂਬੇ ਨੂੰ ਵੱਡੇ- ਵੱਡੇ ਪ੍ਰੋਜੈਕਟ ਸਥਾਪਤ ਹੋਏ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖਦਿਆਂ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ।