ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਠਵਾਂ ਲਾਸਾਨੀ ਸ਼ਹੀਦੀ ਮਾਰਚ ਸਜਾਇਆ
ਅੰਮ੍ਰਿਤਸਰ, 23 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਠਵਾਂ ਲਸਾਨੀ ਸ਼ਹੀਦੀ ਮਾਰਚ ਮਾਤਾ ਖੀਵੀ ਜੀ ਮੈਮੋਰੀਅਲ ਟਰੱਸਟ ਅਤੇ ਗੁਰੂ ਅੰਗਦ ਦੇਵ ਜੀ ਨਿਵਾਸ ਵਲੋਂ ਭੰਡਾਰੀ ਪੁੱਲ ਤੋਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੱਕ ਸਜਾਇਆ ਗਿਆ। ਇਸ ਸ਼ਹੀਦੀ ਮਾਰਚ ਵਿਚ ਖਾਲਸਾਈ ਬਾਣਿਆਂ ਵਿਚ ਸਜੇ ਸਿੱਖ ਬੱਚਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸ਼ਹੀਦੀ ਮਾਰਚ ਦੇ ਪ੍ਰਬੰਧਕ ਹਰਮੀਤ ਸਿੰਘ ਸਲੂਜਾ ਨੇ ਦੱਸਿਆ ਕਿ ਇਸ ਸ਼ਹੀਦੀ ਮਾਰਚ ਦਾ ਮਨੋਰਥ ਸਿੱਖ ਨੌਜਵਾਨ ਪੀੜੀ ਨੂੰ ਸਾਹਿਬਜ਼ਾਦਿਆਂ ਦੀਆਂ ਮਹਾਨ ਸ਼ਹਾਦਤਾਂ ਅਤੇ ਸਿੱਖੀ ਵਿਰਸੇ ਤੋਂ ਜਾਣੂ ਕਰਵਾਉਣਾ ਹੈ। ਇਸ ਸ਼ਹੀਦੀ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਅਜੇ ਸਿੰਘ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।