ਸਮੁੱਚੇ ਪੰਜਾਬ ਵਿਚ ਕਾਨੂੰਗੋਆਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟਾਵਾ
ਸੰਗਰੂਰ, 23 ਦਸੰਬਰ (ਧੀਰਜ ਪਸ਼ੋਰੀਆ)- ਕਿਸਾਨ ਅੰਦੋਲਨ ਅਤੇ ਖਨੌਰੀ ਸਰਹੱਦ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਤੀਰੇ ਖਿਲਾਫ਼ ਅੱਜ ਤੋਂ ਸਮੁੱਚੇ ਪੰਜਾਬ ਦੇ ਕਾਨੂੰਗੋਆਂ ਵਲੋਂ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਵਿਖਾਵਾ ਸ਼ੁਰੂ ਹੋ ਗਿਆ ਹੈ। ਦੀ ਰੈਵਨਿਓੂ ਕਾਨੂੰਗੋ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਨਰਲ ਸਕੱਤਰ ਨਿਰਮਲ ਸਿੰਘ ਬਾਠ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਮੇਂ ਸਮੇਂ ’ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਆਪੋ ਆਪਣੇ ਤਰੀਕੇ ਸੰਘਰਸ਼ ਕੀਤਾ ਜਾਂਦਾ ਰਿਹਾ। ਹੁਣ ਪਿਛਲੇ ਇਕ ਮਹੀਨੇ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਡਰ ’ਤੇ ਲਗਾਤਾਰ ਭੁੱਖ ਹੜਤਾਲ ’ਤੇ ਹਨ ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰਾਂ ਵਲੋਂ ਗੱਲਬਾਤ ਦਾ ਕੋਈ ਵੀ ਰਸਤਾ ਨਹੀਂ ਅਪਣਾਇਆ ਜਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਕਿਸਾਨ ਮਜ਼ਦੂਰ ਨਾਲ ਨਹੁੰ ਮਾਸ ਦਾ ਰਿਸ਼ਤਾ ਹੈ। ਪਹਿਲਾਂ ਵੀ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਵਲੋਂ ਸਮੇਂ ਸਮੇਂ ’ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾਂਦੀ ਰਹੀ ਹੈ। ਸੰਗਰੂਰ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕਰ ਰਹੇ ਕਾਨੂੰਗੋ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੁੰਗ ਤੇ ਹੋਰਨਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਕਾਨੂੰਗੋ ਖਨੌਰੀ ਬਾਰਡਰ ’ਤੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣਗੇ।